ਆਸਾ ਮਹਲਾ ੧ ॥
Aasaa, First Mehl:
ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥
(ਨਿੱਤ ਵਿਕਾਰਾਂ ਵਿਚ ਖਚਿਤ ਰਹਿਣ ਕਰਕੇ) ਇਹ ਸਰੀਰ ਦੁੱਖਾਂ ਦਾ ਘਰ ਬਣਿਆ ਪਿਆ ਹੈ (ਵਿਕਾਰਾਂ ਦੇ ਅਸਰ ਹੇਠੋਂ ਨਹੀਂ ਨਿਕਲਦਾ) ਤੇ ਕੱਚੇ ਘੜੇ ਸਮਾਨ ਹੈ (ਜੋ ਤੁਰਤ ਪਾਣੀ ਵਿਚ ਗਲ ਜਾਂਦਾ ਹੈ), ਪੈਦਾ ਹੁੰਦਾ ਹੈ, (ਸਾਰੀ ਉਮਰ) ਦੁੱਖ ਪਾਂਦਾ ਹੈ ਤੇ ਫਿਰ ਨਾਸ ਹੋ ਜਾਂਦਾ ਹੈ
The clay pitcher of the body is miserable; it suffers in pain through birth and death.
ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥
(ਇਕ ਪਾਸੇ ਤਾਂ ਕੱਚੇ ਘੜੇ ਵਰਗਾ ਇਹ ਸਰੀਰ ਹੈ, ਦੂਜੇ ਪਾਸੇ) ਇਹ ਜਗਤ ਇਕ ਐਸਾ ਸਮੁੰਦਰ ਹੈ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ, (ਇਸ ਵਿਕਾਰ-ਭਰੇ ਸਰੀਰ ਦਾ ਆਸਰਾ ਲੈ ਕੈ) ਇਸ ਵਿਚੋਂ ਤਰਿਆ ਨਹੀਂ ਜਾ ਸਕਦਾ, ਗੁਰੂ ਪਰਮਾਤਮਾ ਦਾ ਆਸਰਾ ਲੈਣ ਤੋਂ ਬਿਨਾ ਪਾਰ ਨਹੀਂ ਲੰਘ ਸਕੀਦਾ ।੧।
How can this terrifying world-ocean be crossed over? Without the Lord - Guru, it cannot be crossed. ||1||
ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥
ਹੇ ਮੇਰੇ ਪਿਆਰੇ ਹਰੀ! ਮੇਰਾ ਤੈਥੋਂ ਬਿਨਾ ਹੋਰ ਕੋਈ (ਆਸਰਾ) ਨਹੀਂ, ਤੈਥੋਂ ਬਿਨਾ ਮੇਰਾ ਕੋਈ ਨਹੀਂ ।
Without You, there is no other at all, O my Beloved; without you, there is no other at all.
ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥
ਤੂੰ ਸਾਰੇ ਰੰਗਾਂ ਵਿਚ ਸਾਰੇ ਰੂਪਾਂ ਵਿਚ ਮੌਜੂਦ ਹੈਂ । (ਹੇ ਭਾਈ!) ਜਿਸ ਜੀਵ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਬਖ਼ਸ਼ ਲੈਂਦਾ ਹੈ ।੧।ਰਹਾਉ।
You are in all colors and forms; he alone is forgiven, upon whom You bestow Your Glance of Grace. ||1||Pause||
ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥
(ਮੇਰਾ ਪ੍ਰਭੂ-ਪਤੀ ਮੇਰੇ ਹਿਰਦੇ-ਘਰ ਵਿਚ ਹੀ ਵੱਸਦਾ ਹੈ, ਪਰ) ਇਹ ਭੈੜੀ ਸੱਸ (ਮਾਇਆ) ਮੈਨੂੰ ਹਿਰਦੇ-ਘਰ ਵਿਚ ਟਿਕਣ ਹੀ ਨਹੀਂ ਦੇਂਦੀ (ਭਾਵ, ਮੇਰੇ ਮਨ ਨੂੰ ਸਦਾ ਬਾਹਰ ਮਾਇਕ ਪਦਾਰਥਾਂ ਦੇ ਪਿੱਛੇ ਭਜਾਈ ਫਿਰਦੀ ਹੈ) ਇਹ ਚੰਦਰੀ ਮੈਨੂੰ ਪਤੀ ਨਾਲ ਮਿਲਣ ਨਹੀਂ ਦੇਂਦੀ ।
Maya, my mother-in-law, is evil; she does not let me live in my own home. The vicious one does not let me meet with my Husband Lord.
ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥
(ਇਸ ਚੰਦਰੀ ਤੋਂ ਬਚਣ ਲਈ) ਮੈਂ ਸਤਸੰਗੀ ਸਹੇਲੀਆਂ ਦੇ ਚਰਨਾਂ ਦੀ ਸੇਵਾ ਕਰਦੀ ਹਾਂ (ਸਤਸੰਗ ਵਿਚ ਗੁਰੂ ਮਿਲਦਾ ਹੈ), ਗੁਰੂ ਦੀ ਕਿਰਪਾ ਨਾਲ ਪਤੀ-ਪ੍ਰਭੂ ਮੇਰੇ ਤੇ ਮੇਹਰ ਦੀ ਨਜ਼ਰ ਕਰਦਾ ਹੈ ।੨।
I serve at the feet of my companions and friends; the Lord has showered me with His Mercy, through Guru's Grace. ||2||
ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥
ਹੇ ਪ੍ਰਭੂ! (ਗੁਰੂ ਦੀ ਕਿਰਪਾ ਨਾਲ) ਜਦੋਂ ਮੈਂ ਆਪਣੇ ਆਪ ਨੂੰ ਸਵਾਰ ਕੇ ਆਪਣਾ ਮਨ ਮਾਰ ਕੇ ਵੇਖਿਆ ਤਾਂ (ਮੈਨੂੰ ਦਿੱਸ ਪਿਆ ਕਿ) ਤੇਰੇ ਵਰਗਾ ਮਿੱਤ੍ਰ ਹੋਰ ਕੋਈ ਨਹੀਂ ਹੈ ।
Reflecting upon my self, and conquering my mind, I have seen that there is no other friend like You.
ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥
ਸਾਨੂੰ ਜੀਵਾਂ ਨੂੰ ਤੂੰ ਜਿਸ ਹਾਲਤ ਵਿਚ ਰੱਖਦਾ ਹੈਂ, ਉਸੇ ਹਾਲਤ ਵਿਚ ਹੀ ਅਸੀ ਰਹਿ ਸਕਦੇ ਹਾਂ । ਦੁਖ ਭੀ ਤੂੰ ਹੀ ਦੇਂਦਾ ਹੈਂ, ਸੁਖ ਭੀ ਤੂੰ ਹੀ ਦੇਂਦਾ ਹੈਂ । ਜੋ ਕੁਝ ਤੂੰ ਕਰਦਾ ਹੈਂ; ਉਹੀ ਹੁੰਦਾ ਹੈ ।੩।
As You keep me, so do I live. You are the Giver of peace and pleasure. Whatever You do, comes to pass. ||3||
ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥
ਗੁਰੂ ਦੀ ਸਰਨ ਪਿਆਂ ਹੀ ਮਾਇਆ ਵਾਲੀ ਆਸ ਤੇ ਲਾਲਸਾ ਮਿਟਦੀਆਂ ਹਨ, ਤ੍ਰਿਗੁਣੀ ਮਾਇਆ ਦੀਆਂ ਆਸਾਂ ਤੋਂ ਨਿਰਲੇਪ ਰਹਿ ਸਕੀਦਾ ਹੈ ।
Hope and desire have both been dispelled; I have renounced my longing for the three qualities.
ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥
ਜਦੋਂ ਸਤਸੰਗ ਦਾ ਆਸਰਾ ਲਈਏ, ਜਦੋਂ ਗੁਰੂ ਦੇ ਦੱਸੇ ਹੋਏ ਰਾਹੇ ਤੁਰੀਏ, ਤਦੋਂ ਹੀ ਉਹ ਆਤਮਕ ਅਵਸਥਾ ਬਣਦੀ ਹੈ ਜਿਥੇ ਮਾਇਆ ਪੋਹ ਨ ਸਕੇ ।੪।
The Gurmukh obtains the state of ecstasy, taking to the Shelter of the Saints' Congregation. ||4||
ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥
ਜਿਸ ਮਨੁੱਖ ਦੇ ਹਿਰਦੇ ਵਿਚ ਅਲੱਖ ਤੇ ਅਭੇਵ ਪਰਮਾਤਮਾ ਵੱਸ ਪਏ, ਉਸ ਨੂੰ ਮਾਨੋ ਸਾਰੇ ਜਪ ਤਪ ਗਿਆਨ ਧਿਆਨ ਪ੍ਰਾਪਤ ਹੋ ਗਏ ।
All wisdom and meditation, all chanting and penance, come to one whose heart is filled with the Invisible, Inscrutable Lord.
ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥
ਹੇ ਨਾਨਕ! ਗੁਰੂ ਦੀ ਮਤਿ ਤੇ ਤੁਰਿਆਂ ਮਨ ਪ੍ਰਭੂ ਦੇ ਨਾਮ ਵਿਚ ਰੰਗਿਆ ਜਾਂਦਾ ਹੈ; ਮਨ ਅਡੋਲ ਅਵਸਥਾ ਵਿਚ ਟਿਕ ਕੇ ਸਿਮਰਨ ਕਰਦਾ ਹੈ ।੫।੨੨।
O Nanak, one whose mind is imbued with the Lord's Name, finds the Guru's Teachings, and intuitively serves. ||5||22||