ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਆਸਾ ਮਹਲਾ ੯ ॥
Raag Aasaa, Ninth Mehl:
ਬਿਰਥਾ ਕਹਉ ਕਉਨ ਸਿਉ ਮਨ ਕੀ ॥
(ਹੇ ਭਾਈ!) ਮੈਂ ਇਸ (ਮਨੱੁਖੀ) ਮਨ ਦੀ ਭੈੜੀ ਹਾਲਤ ਕਿਸ ਨੂੰ ਦੱਸਾਂ (ਹਰੇਕ ਮਨੁੱਖ ਦਾ ਇਹੀ ਹਾਲ ਹੈ),
Who should I tell the condition of the mind?
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥
ਲੋਭ ਵਿਚ ਫਸਿਆ ਹੋਇਆ ਇਹ ਮਨ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਇਸ ਨੂੰ ਧਨ ਜੋੜਨ ਦੀ ਤ੍ਰਿਸ਼ਨਾ ਚੰਬੜੀ ਰਹਿੰਦੀ ਹੈ ।੧।ਰਹਾਉ।
Engrossed in greed, running around in the ten directions, you hold to your hopes of wealth. ||1||Pause||
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥
(ਹੇ ਭਾਈ!) ਸੁਖ ਹਾਸਲ ਕਰਨ ਵਾਸਤੇ (ਇਹ ਮਨ) ਧਿਰ ਧਿਰ ਦੀ ਖ਼ੁਸ਼ਾਮਦ ਕਰਦਾ ਫਿਰਦਾ ਹੈ (ਤੇ ਇਸ ਤਰ੍ਹਾਂ ਸੁਖ ਦੇ ਥਾਂ ਸਗੋਂ) ਦੁੱਖ ਸਹਾਰਦਾ ਹੈ ।
For the sake of pleasure, you suffer such great pain, and you have to serve each and every person.
ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥
ਕੁੱਤੇ ਵਾਂਗ ਹਰੇਕ ਦੇ ਦਰ ਤੇ ਭਟਕਦਾ ਫਿਰਦਾ ਹੈ ਇਸ ਨੂੰ ਪਰਮਾਤਮਾ ਦਾ ਭਜਨ ਕਰਨ ਦੀ ਕਦੇ ਸੂਝ ਹੀ ਨਹੀਂ ਪੈਂਦੀ ।੧।
You wander from door to door like a dog, unconscious of the Lord's meditation. ||1||
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥
(ਹੇ ਭਾਈ! ਲੋਭ ਵਿਚ ਫਸਿਆ ਹੋਇਆ ਇਹ ਜੀਵ) ਆਪਣਾ ਮਨੁੱਖਾ ਜਨਮ ਵਿਅਰਥ ਹੀ ਗਵਾ ਲੈਂਦਾ ਹੈ, (ਇਸ ਦੇ ਲਾਲਚ ਦੇ ਕਾਰਨ) ਲੋਕਾਂ ਵਲੋਂ ਹੋ ਰਹੇ ਹਾਸੇ-ਮਖ਼ੌਲ ਦੀ ਭੀ ਇਸ ਨੂੰ ਸ਼ਰਮ ਨਹੀਂ ਆਉਂਦੀ ।
You lose this human life in vain, and You are not even ashamed when others laugh at you.
ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥
ਹੇ ਨਾਨਕ! (ਆਖ—ਹੇ ਜੀਵ!) ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਿਉਂ ਨਹੀਂ ਕਰਦਾ? (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹੀ) ਤੇਰੀ ਇਹ ਖੋਟੀ ਮਤਿ ਦੂਰ ਹੋ ਸਕੇਗੀ ।੨।੧।੨੩੩।
O Nanak, why not sing the Lord's Praises, so that you may be rid of the body's evil disposition? ||2||1||233||