ਮਹਲਾ ੨ ॥
Second Mehl:
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥
‘ਹਉਮੈ’ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ ।
This is the nature of ego, that people perform their actions in ego.
ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥
ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ ।
This is the bondage of ego, that time and time again, they are reborn.
ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥
(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ ।
Where does ego come from? How can it be removed?
ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥
(ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ) ।
This ego exists by the Lord's Order; people wander according to their past actions.
ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥
ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ ।
Ego is a chronic disease, but it contains its own cure as well.
ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥
ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ ।
If the Lord grants His Grace, one acts according to the Teachings of the Guru's Shabad.
ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥
ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ ।੨।
Nanak says, listen, people: in this way, troubles depart. ||2||