ਰਾਮਕਲੀ ਮਹਲਾ ੫ ॥
Raamkalee, Fifth Mehl:
ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥
ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ) ।
It is beyond the three qualities; it remains untouched. The seekers and Siddhas do not know it.
ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥
ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ । ਉਹ ਪਦਾਰਥ ਹੈ—ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ ।੧।
There is a chamber filled with jewels, overflowing with Ambrosial Nectar, in the Guru's Treasury. ||1||
ਅਚਰਜੁ ਕਿਛੁ ਕਹਣੁ ਨ ਜਾਈ ॥
ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ ।
This thing is wonderful and amazing! It cannot be described.
ਬਸਤੁ ਅਗੋਚਰ ਭਾਈ ॥੧॥ ਰਹਾਉ ॥
(ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ।੧।ਰਹਾਉ।
It is an unfathomable object, O Siblings of Destiny! ||1||Pause||
ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥
ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ । ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ । (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ ।
Its value cannot be estimated at all; what can anyone say about it?
ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥
ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ ।੨।
By speaking and describing it, it cannot be understood; only one who sees it realizes it. ||2||
ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥
ਹੇ ਭਾਈ! ਜਿਸ ਸਿਰਜਣਹਾਰ ਨੇ ਉਹ ਪਦਾਰਥ ਬਣਾਇਆ ਹੈ, ਉਸ ਦਾ ਮੁੱਲ ਉਹ ਆਪ ਹੀ ਜਾਣਦਾ ਹੈ । ਉਸ ਦੇ ਪੈਦਾ ਕੀਤੇ ਹੋਏ ਜੀਵ ਵਿਚ ਅਜੇਹੀ ਸਮਰਥਾ ਨਹੀਂ ਹੈ ।
Only the Creator Lord knows it; what can any poor creature do?
ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥
ਪ੍ਰਭੂ ਆਪ ਹੀ ਉਸ ਕੀਮਤੀ ਪਦਾਰਥ ਨਾਲ ਭਰੇ ਹੋਏ ਖ਼ਜ਼ਾਨਿਆਂ ਦਾ ਮਾਲਕ ਹੈ । ਤੇ, ਉਹ ਆਪ ਕਿਹੋ ਜਿਹਾ ਹੈ, ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ ।੩।
Only He Himself knows His own state and extent. The Lord Himself is the treasure overflowing. ||3||
ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥
ਆਤਮਕ ਜੀਵਨ ਦੇਣ ਵਾਲੇ ਉਸ ਅਸਚਰਜ ਨਾਮ-ਰਸ ਨੂੰ (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਵਿਚ ਚੱਖਿਆ ਹ।
Tasting such Ambrosial Nectar, the mind remains satisfied and satiated.
ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥
ਹੇ ਨਾਨਕ! ਆਖ—ਗੁਰੂ ਦੀ ਸਰਨ ਪੈ ਕੇ ਮੇਰੀ ਲਾਲਸਾ ਪੂਰੀ ਹੋ ਗਈ ਹੈ (ਮੈਨੂੰ ਉਹ ਕੀਮਤੀ ਪਦਾਰਥ ਮਿਲ ਗਿਆ ਹੈ) । ਹੁਣ ਮੈਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰੇ ਤੌਰ ਤੇ ਰੱਜ ਗਿਆ ਹਾਂ ।੪।੪।
Says Nanak, my hopes are fulfilled; I have found the Guru's Sanctuary. ||4||4||