ਗਉੜੀ ਮਹਲਾ ੧ ॥
Gauree, First Mehl:
ਕਿਰਤੁ ਪਇਆ ਨਹ ਮੇਟੈ ਕੋਇ ॥
ਜਨਮਾਂ ਜਨਮਾਂਤਰਾਂ ਦੇ ਕੀਤੇ ਕੰਮਾਂ ਦੇ ਸੰਸਕਾਰਾਂ ਦਾ ਸਮੂਹ ਜੋ ਮਨ ਵਿਚ ਇਕੱਠਾ ਹੋਇਆ ਪਿਆ ਹੈ (ਕਰਮਾਂ ਦੀ ਰਾਹੀਂ) ਕੋਈ ਮਨੁੱਖ ਮਿਟਾ ਨਹੀਂ ਸਕਦਾ ।
Past actions cannot be erased.
ਕਿਆ ਜਾਣਾ ਕਿਆ ਆਗੈ ਹੋਇ ॥
(ਇਸੇ ਤਰ੍ਹਾਂ ਅਗਾਂਹ ਲਈ ਭੀ ਕਰਮ-ਧਰਮ ਤੋਂ ਚੰਗੇ ਨਤੀਜੇ ਦੀ ਆਸ ਵਿਅਰਥ ਹੈ) ਕੋਈ ਸਮਝ ਨਹੀਂ ਸਕਦਾ ਕਿ ਆਉਣ ਵਾਲੇ ਜੀਵਨ-ਸਮੇ ਵਿਚ ਕੀਹ ਵਾਪਰੇਗਾ ।
What do we know of what will happen hereafter?
ਜੋ ਤਿਸੁ ਭਾਣਾ ਸੋਈ ਹੂਆ ॥
(ਕਰਮਾਂ ਦਾ ਆਸਰਾ ਛੱਡੋ, ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸਿੱਖੋ) ਜਗਤ ਵਿਚ ਜੋ ਕੁਝ ਹੋ ਰਿਹਾ ਹੈ ਪਰਮਾਤਮਾ ਦੀ ਰਜ਼ਾ ਵਿਚ ਹੋ ਰਿਹਾ ਹੈ,
Whatever pleases Him shall come to pass.
ਅਵਰੁ ਨ ਕਰਣੈ ਵਾਲਾ ਦੂਆ ॥੧॥
ਪ੍ਰਭੂ ਤੋਂ ਬਿਨਾ ਹੋਰ ਕੋਈ ਕੁਝ ਕਰਨ ਵਾਲਾ ਨਹੀਂ ਹੈ (ਉਸੇ ਦੀ ਭਗਤੀ ਕਰੋ) ।੧।
There is no other Doer except Him. ||1||
ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥
ਮੈਂ ਆਪਣੇ ਕੀਤੇ ਕਰਮਾਂ ਦੀ ਠੀਕ ਕੀਮਤ ਨਹੀਂ ਜਾਣਦਾ (ਮੈਂ ਇਹਨਾਂ ਨੂੰ ਬਹੁਤ ਮਹੱਤਤਾ ਦੇਂਦਾ ਹਾਂ), (ਦੂਜੇ ਪਾਸੇ, ਹੇ ਪ੍ਰਭੂ !) ਤੇਰੀਆਂ ਬੇਅੰਤ ਦਾਤਾਂ ਮੈਨੂੰ ਮਿਲ ਰਹੀਆਂ ਹਨ ਉਹਨਾਂ ਨੂੰ ਭੀ ਮੈਂ ਨਹੀਂ ਸਮਝ ਸਕਦਾ (ਇਹ ਖ਼ਿਆਲ ਕਰਨਾ ਮੇਰੀ ਭਾਰੀ ਭੁੱਲ ਹੈ ਕਿ ਮੇਰੇ ਕੀਤੇ ਕਰਮਾਂ ਅਨੁਸਾਰ ਮੈਨੂੰ ਮਿਲ ਰਿਹਾ ਹੈ । ਇਹ ਤਾਂ ਤੇਰੀ ਨਿਰੋਲ ਮਿਹਰ ਹੈ ਮਿਹਰ) ।
I do not know about karma, or how great Your gifts are.
ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥੧॥ ਰਹਾਉ ॥
ਤੇਰਾ ਨਾਮ ਹੀ ਮੇਰੀ ਜਾਤਿ ਹੈ, ਤੇਰਾ ਨਾਮ ਹੀ ਮੇਰਾ ਕਰਮ-ਧਰਮ ਹੈ (ਮੈਨੂੰ ਤੇਰੇ ਨਾਮ ਦੀ ਹੀ ਓਟ ਹੈ । ਨਾਹ ਮਾਣ ਹੈ ਕਿਸੇ ਕੀਤੇ ਕਰਮ-ਧਰਮ ਦਾ, ਨਾਹ ਕਿਸੇ ਉੱਚੀ ਜਾਤਿ ਦਾ) ।੧।ਰਹਾਉ।
The karma of actions, the Dharma of righteousness, social class and status, are contained within Your Name. ||1||Pause||
ਤੂ ਏਵਡੁ ਦਾਤਾ ਦੇਵਣਹਾਰੁ ॥
ਹੇ ਪ੍ਰਭੂ ! ਤੂੰ ਦਾਤਾਂ ਦੇਣ ਵਾਲਾ ਇਤਨਾ ਵੱਡਾ ਦਾਤਾ ਹੈਂ (ਭਗਤੀ ਦੀ ਦਾਤਿ ਭੀ ਤੂੰ ਆਪ ਹੀ ਦੇਂਦਾ ਹੈਂ)
You are So Great, O Giver, O Great Giver!
ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥
ਤੇਰੇ ਖ਼ਜ਼ਾਨਿਆਂ ਵਿਚ ਭਗਤੀ (ਦੀ ਦਾਤਿ) ਦੀ ਕੋਈ ਘਾਟ ਨਹੀਂ ਹੈ,
The treasure of Your devotional worship is never exhausted.
ਕੀਆ ਗਰਬੁ ਨ ਆਵੈ ਰਾਸਿ ॥
(ਆਪਣੇ ਕਿਸੇ ਚੰਗੇ ਆਚਰਨ ਬਾਰੇ ਮਨੁੱਖ ਦਾ) ਕੀਤਾ ਹੋਇਆ ਅਹੰਕਾਰ ਕੁਝ ਸਵਾਰ ਨਹੀਂ ਸਕਦਾ,
One who takes pride in himself shall never be right.
ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥
ਮਨੁੱਖ ਦੀ ਜਿੰਦ ਤੇ ਸਰੀਰ ਸਭ ਕੁਝ ਤੇਰੇ ਹੀ ਆਸਰੇ ਹੈ । (ਜਿਵੇਂ ਤੂੰ ਸਰੀਰ ਦੀ ਪਰਵਰਿਸ਼ ਲਈ ਰੋਜ਼ੀ ਦੇਂਦਾ ਹੈਂ, ਤਿਵੇਂ ਜਿੰਦ ਨੂੰ ਭੀ ਭਗਤੀ ਦੀ ਖ਼ੁਰਾਕ ਦੇਣ ਵਾਲਾ ਤੂੰ ਹੀ ਹੈਂ) ।੨।
The soul and body are all at Your disposal. ||2||
ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥
(ਹੇ ਪ੍ਰਭੂ !) ਤੂੰ ਆਪ ਹੀ ਮੈਨੂੰ ਗੁਰੂ ਦੀ ਮਤਿ ਦੇ ਕੇ, ਮੇਰੇ ਉੱਤੇ ਮਿਹਰ ਕਰ ਕੇ ਮੈਨੂੰ ਆਪਣੇ ਚਰਨਾਂ ਵਿਚ ਜੋੜ ਕੇ,
You kill and rejuvenate. You forgive and merge us into Yourself.
ਜਿਉ ਭਾਵੀ ਤਿਉ ਨਾਮੁ ਜਪਾਇ ॥
ਮੇਰਾ ਆਪਾ-ਭਾਵ ਮਾਰ ਕੇ, ਤੇ ਜਿਵੇਂ ਤੈਨੂੰ ਭਾਉਂਦਾ ਹੈ ਮੈਨੂੰ ਆਪਣਾ ਨਾਮ ਜਪਾ ਕੇ ਮੈਨੂੰ ਆਤਮਕ ਜੀਵਨ ਦੇਂਦਾ ਹੈਂ ।
As it pleases You, You inspire us to chant Your Name.
ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥
ਤੂੰ ਮੇਰੇ ਦਿਲ ਦੀ ਜਾਣਦਾ ਹੈਂ, ਤੂੰ (ਮੇਰੀ ਹਾਲਤ) ਵੇਖਦਾ ਹੈਂ, ਤੂੰ ਮੇਰੇ ਸਿਰ ਉੱਤੇ (ਰਾਖਾ) ਹੈਂ,
You are All-knowing, All-seeing and True, O my Supreme Lord.
ਗੁਰਮਤਿ ਦੇਇ ਭਰੋਸੈ ਤੇਰੈ ॥੩॥
ਮੈਂ ਸਦਾ ਤੇਰੇ ਹੀ ਆਸਰੇ ਹਾਂ (ਮੈਨੂੰ ਆਪਣੇ ਕਿਸੇ ਕਰਮਾਂ ਦਾ ਆਸਰਾ ਨਹੀਂ ਹੈ) ।੩।
Please, bless me with the Guru's Teachings; my faith is in You alone. ||3||
ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥
(ਹੇ ਪ੍ਰਭੂ !) ਜਿਨ੍ਹਾਂ ਦਾ ਮਨ (ਤੇਰੇ ਪਿਆਰ ਵਿਚ) ਰੰਗਿਆ ਹੋਇਆ ਹੈ, ਉਹਨਾਂ ਦੇ ਸਰੀਰ ਵਿਚ ਵਿਕਾਰਾਂ ਦੀ ਮੈਲ ਨਹੀਂ ।
One whose mind is attuned to the Lord, has no pollution in his body.
ਗੁਰ ਬਚਨੀ ਸਚੁ ਸਬਦਿ ਪਛਾਤਾ ॥
ਗੁਰੂ ਦੇ ਬਚਨਾਂ ਉੱਤੇ ਤੁਰ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹਨਾਂ ਨੇ ਤੈਨੂੰ ਸਦਾ ਕਾਇਮ ਰਹਿਣ ਵਾਲੇ ਨੂੰ ਪਛਾਣ ਲਿਆ ਹੈ (ਤੇਰੇ ਨਾਲ ਸਾਂਝ ਪਾ ਲਈ ਹੈ),
Through the Guru's Word, the True Shabad is realized.
ਤੇਰਾ ਤਾਣੁ ਨਾਮ ਕੀ ਵਡਿਆਈ ॥
(ਕਰਮਾਂ ਦਾ ਆਸਰਾ ਲੈਣ ਦੇ ਥਾਂ) ਉਹਨਾਂ ਨੂੰ ਤੇਰੇ ਨਾਮ ਦਾ ਹੀ ਆਸਰਾ ਹੈ, ਉਹ ਸਦਾ ਤੇਰੇ ਨਾਮ ਦੀ ਵਡਿਆਈ ਕਰਦੇ ਹਨ ।
All Power is Yours, through the greatness of Your Name.
ਨਾਨਕ ਰਹਣਾ ਭਗਤਿ ਸਰਣਾਈ ॥੪॥੧੦॥
ਹੇ ਨਾਨਕ ! (ਆਖ—) ਉਹ ਮਨੁੱਖ ਪ੍ਰਭੂ ਦੀ ਭਗਤੀ ਵਿਚ ਰੱਤੇ ਰਹਿੰਦੇ ਹਨ, ਉਹ ਪ੍ਰਭੂ ਦੀ ਸਰਨ ਰਹਿੰਦੇ ਹਨ ।੪।੧੦।
Nanak abides in the Sanctuary of Your devotees. ||4||10||