ਪ੍ਰਭਾਤੀ ॥
Prabhaatee:
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
ਸਭ ਤੋਂ ਪਹਿਲਾਂ ਖ਼ੁਦਾ ਦਾ ਨੂਰ ਹੀ ਹੈ ਜਿਸ ਨੇ (ਜਗਤ) ਪੈਦਾ ਕੀਤਾ ਹੈ, ਇਹ ਸਾਰੇ ਜੀਅ-ਜੰਤ ਰੱਬ ਦੀ ਕੁਦਰਤ ਦੇ ਹੀ ਬਣਾਏ ਹੋਏ ਹਨ । ਇਕ ਪ੍ਰਭੂ ਦੀ ਹੀ ਜੋਤ ਤੋਂ ਸਾਰਾ ਜਗਤ ਪੈਦਾ ਹੋਇਆ ਹੈ ।
First, Allah created the Light; then, by His Creative Power, He made all mortal beings.
ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥
(ਤਾਂ ਫਿਰ ਕਿਸੇ ਜਾਤ ਮਜ਼ਹਬ ਦੇ ਭੁਲੇਖੇ ਵਿਚ ਪੈ ਕੇ) ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਨਾਹ ਸਮਝੋ ।੧।
From the One Light, the entire universe welled up. So who is good, and who is bad? ||1||
ਲੋਗਾ ਭਰਮਿ ਨ ਭੂਲਹੁ ਭਾਈ ॥
ਹੇ ਲੋਕੋ! ਹੇ ਭਾਈ! (ਰੱਬ ਦੀ ਹਸਤੀ ਬਾਰੇ) ਕਿਸੇ ਭੁਲੇਖੇ ਵਿਚ ਪੈ ਕੇ ਖ਼ੁਆਰ ਨਾਹ ਹੋਵੋ ।
O people, O Siblings of Destiny, do not wander deluded by doubt.
ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥
ਉਹ ਰੱਬ ਸਾਰੀ ਖ਼ਲਕਤ ਨੂੰ ਪੈਦਾ ਕਰਨ ਵਾਲਾ ਹੈ ਤੇ ਸਾਰੀ ਖ਼ਲਕਤ ਵਿਚ ਮੌਜੂਦ ਹੈ, ਉਹ ਸਭ ਥਾਂ ਭਰਪੂਰ ਹੈ ।੧।ਰਹਾਉ।
The Creation is in the Creator, and the Creator is in the Creation, totally pervading and permeating all places. ||1||Pause||
ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥
ਸਿਰਜਨਹਾਰ ਨੇ ਇੱਕੋ ਹੀ ਮਿੱਟੀ ਤੋਂ (ਭਾਵ, ਇੱਕੋ ਜਿਹੇ ਹੀ ਤੱਤਾਂ ਤੋਂ) ਅਨੇਕਾਂ ਕਿਸਮਾਂ ਦੇੁ ਜੀਆ-ਜੰਤ ਪੈਦਾ ਕਰ ਦਿੱਤੇ ਹਨ ।
The clay is the same, but the Fashioner has fashioned it in various ways.
ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥
(ਜਿੱਥੋਂ ਤਕ ਜੀਵਾਂ ਦੇ ਅਸਲੇ ਦਾ ਸੰਬੰਧ ਹੈ) ਨਾਹ ਇਹਨਾਂ ਮਿੱਟੀ ਦੇ ਭਾਂਡਿਆਂ (ਭਾਵ, ਜੀਵਾਂ) ਵਿਚ ਕੋਈ ਊਣਤਾ ਹੈ, ਤੇ ਨਾਹ (ਇਹਨਾਂ ਭਾਂਡਿਆਂ ਦੇ ਬਣਾਣ ਵਾਲੇ) ਘੁਮਿਆਰ ਵਿਚ ।੨।
There is nothing wrong with the pot of clay - there is nothing wrong with the Potter. ||2||
ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥
ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਵਿਚ ਵੱਸਦਾ ਹੈ । ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ ।
The One True Lord abides in all; by His making, everything is made.
ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥
ਉਹੀ ਮਨੁੱਖ ਰੱਬ ਦਾ (ਪਿਆਰਾ) ਬੰਦਾ ਕਿਹਾ ਜਾ ਸਕਦਾ ਹੈ, ਜੋ ਉਸ ਦੀ ਰਜ਼ਾ ਨੂੰ ਪਛਾਣਦਾ ਹੈ ਤੇ ਉਸ ਇਕ ਨਾਲ ਸਾਂਝ ਪਾਂਦਾ ਹੈ ।੩।
Whoever realizes the Hukam of His Command, knows the One Lord. He alone is said to be the Lord's slave. ||3||
ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥
ਉਹ ਰੱਬ ਐਸਾ ਹੈ ਜਿਸ ਦਾ ਮੁਕੰਮਲ ਸਰੂਪ ਬਿਆਨ ਤੋਂ ਪਰੇ ਹੈ, ਉਸ ਦੇ ਗੁਣ ਕਹੇ ਨਹੀਂ ਜਾ ਸਕਦੇ । ਕਬੀਰ ਜੀ ਆਖਦੇ ਹਨ—ਮੇਰੇ ਗੁਰੂ ਨੇ (ਪ੍ਰਭੂ ਦੇ ਗੁਣਾਂ ਦੀ ਸੂਝ-ਰੂਪ) ਮਿੱਠਾ ਗੁੜ ਮੈਨੂੰ ਦਿੱਤਾ ਹੈ (ਜਿਸ ਦਾ ਸੁਆਦ ਤਾਂ ਮੈਂ ਨਹੀਂ ਦੱਸ ਸਕਦਾ,
The Lord Allah is Unseen; He cannot be seen. The Guru has blessed me with this sweet molasses.
ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥
ਪਰ) ਮੈਂ ਉਸ ਮਾਇਆ ਰਹਿਤ ਪ੍ਰਭੂ ਨੂੰ ਹਰ ਥਾਂ ਵੇਖ ਲਿਆ ਹੈ, ਮੈਨੂੰ ਇਸ ਵਿਚ ਕੋਈ ਸ਼ੱਕ ਨਹੀਂ ਰਿਹਾ (ਮੇਰਾ ਅੰਦਰ ਕਿਸੇ ਜਾਤ ਜਾਂ ਮਜ਼ਹਬ ਦੇ ਬੰਦਿਆਂ ਦੀ ਉੱਚਤਾ ਜਾਂ ਨੀਚਤਾ ਦਾ ਕਰਮ ਨਹੀਂ ਰਿਹਾ) ।੪।੩।
Says Kabeer, my anxiety and fear have been taken away; I see the Immaculate Lord pervading everywhere. ||4||3||